ਜਲੰਧਰ :ਜ਼ਿਲ੍ਹੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹਾ ਜਲੰਧਰ ਦੇ ਪਿੰਡਾਂ ਵਿੱਚ 66 ਮਾਡਲ ਖੇਡ ਮੈਦਾਨ ਅਤੇ 39 ਹੋਰ ਪਾਰਕਾਂ ਦਾ ਨਿਰਮਾਣ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਦਿਹਾਤੀ ਵਿਕਾਸ ਪ੍ਰੋਗਰਾਮ ਦੇ ਦੂਜੇ ਪੜ੍ਹਾਅ ਦੌਰਾਨ 376.18 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ।
ਡਾ. ਅਗਰਵਾਲ ਨੇ ਦੱਸਿਆ ਕਿ ਇਹ ਪਹਿਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦਾ ਹਿੱਸਾ ਹੈ।
ਪ੍ਰਾਜੈਕਟ ਦੇ ਪਹਿਲੇ ਪੜਾਅ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ 3.18 ਕਰੋੜ ਰੁਪਏ ਦੀ ਲਾਗਤ ਨਾਲ 98 ਮਾਡਲ ਖੇਡ ਮੈਦਾਨ ਅਤੇ 2.40 ਕਰੋੜ ਰੁਪਏ ਦੀ ਲਾਗਤ ਨਾਲ 107 ਪਾਰਕਾਂ ਦੇ ਨਿਰਮਾਣ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।
ਦੂਜੇ ਪੜਾਅ ਦੌਰਾਨ 277.31 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ, ਜਿਨ੍ਹਾਂ ਭੋਗਪੁਰ ਵਿੱਚ 20, ਨੂਰਮਹਿਲ 12, ਸ਼ਾਹਕੋਟ 11, ਰੁੜਕਾ ਕਲਾਂ 8, ਜਲੰਧਰ ਪੂਰਬੀ 6, ਲੋਹੀਆਂ ਖਾਸ 6 ਅਤੇ ਜਲੰਧਰ ਪੱਛਮੀ ਵਿੱਚ 3 ਮਾਡਲ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ।
ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹੇ ਵਿੱਚ 98.87 ਲੱਖ ਰੁਪਏ ਦੀ ਲਾਗਤ ਨਾਲ 39 ਪਾਰਕਾਂ ਨਕੋਦਰ ਵਿੱਚ 13, ਨੂਰਮਹਿਲ 10, ਸ਼ਾਹਕੋਟ 5, ਜਲੰਧਰ ਪੱਛਮੀ 4, ਲੋਹੀਆਂ ਖਾਸ 4 ਅਤੇ ਭੋਗਪੁਰ ਵਿਖੇ 3 ਪਾਰਕਾਂ ਨੂੰ ਵਿਕਸਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਉਪਰੋਕਤ ਹੋਣ ਵਾਲੇ ਵਿਕਾਸ ਕਾਰਜਾਂ ਨਾਲ ਮਗਨਰੇਗਾ ਤਹਿਤ ਪੇਂਡੂ ਖੇਤਰ ਦੇ ਲੋਕਾਂ ਨੂੰ 69,845 ਦਿਨਾਂ ਦਾ ਰੋਜ਼ਗਾਰ ਮਿਲੇਗਾ।
0 Comments